ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਜਾ ਰਹੀ ਪਹਿਲੀ ਤਰਜੀਹ : ਸ਼ੀਤਲ ਅੰਗੂਰਾਲ
ਜਲੰਧਰ, 27 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਸਤੀ ਦਾਨਿਸ਼ਮੰਦਾ ਵਿਖੇ ਕਰੀਬ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ’ਚ ਮੌਕੇ ’ਤੇ ਮੌਜੂਦ ਵਿਧਾਇਕ ਸ਼ੀਤਲ ਅੰਗੂਰਾਲ, ਜਿਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦੇ ਹੋਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ 20766 ਵਰਗ ਫੁੱਟ ਏਰੀਏ ਵਿੱਚ ਉਸਾਰੀ ਗਈ ਸਕੂਲ ਦੀ ਇਸ ਇਮਾਰਤ ਵਿੱਚ ਹਾਈਟੈੱਕ ਕਲਾਸ ਰੂਮਜ਼ ਦੇ ਨਾਲ-ਨਾਲ ਬਾਇਓਲੋਜੀ ਲੈਬ, ਫਿਜ਼ੀਕਲ ਲੈਬ, ਕੈਮਿਸਟਰੀ ਲੈਬ, ਐਜੂਸੈਟ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਅਤੇ ਹੋਰ ਲੋੜੀਂਦੀ ਸਾਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਜਲਦ ਹੀ ਨੰਬਰ ਇਕ ਸੂਬਾ ਬਣਾਇਆ ਜਾਵੇਗਾ।
ਇਸ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੂਰੀ ਮਿਹਤਨ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏ.ਡੀ.ਸੀ.ਪੀ. ਸਿਟੀ-2 ਆਦਿਤਿਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਗੁਰਸ਼ਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਅਤੇ ਸਮੂਹ ਸਟਾਫ ਮੌਜੂਦ ਸੀ।