ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਹਿਬਲ ਕਲਾਂ ਕਾਂਡ ਵਿੱਚ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਅੰਮ੍ਰਿਤਸਰ-ਬਠਿੰਡਾ ਰਾਸ਼ਟਰੀ ਮਾਰਗ ਖੋਲ੍ਹਿਆ ਜਾਵੇ।
ਦੱਸ ਦੇਈਏ ਕਿ ਬਹਿਬਲ ਕਲਾਂ ਵਿਖੇ 2015 ਬੇਅਦਬੀ ਮਾਮਲਾ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਦੀ ਸੁਸਤ ਰਫ਼ਤਾਰ ਵਿਰੁੱਧ ਇਹ ਅੰਦੋਲਨ ਹੁਣ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰ ਮਨੁੱਖ ਦੀ ਮਾਨਸਿਕਤਾ ‘ਤੇ ਡੂੰਘੇ ਜ਼ਖ਼ਮ ਛੱਡੇ ਹਨ।
ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਕੀਤਾ ਜਾਵੇਗਾ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨਸਾਫ਼ ਦਿਵਾਉਣ ਲਈ ਪਹਿਲਾਂ ਹੀ ਪੂਰੀ ਵਾਹ ਲਾ ਰਹੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਸਾਰੇ ਲੋਕ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।